ਮੁੱਖ ਮੰਤਰੀ ਜੀ ਦੀਆਂ ਹਦਾਇਤਾਂ ਤੇ ਪਿੰਡ/ਮੁਹੱਲਾ ਪੱਧਰ ਤੇ ਨਸ਼ਾ ਵਿਰੋਧੀ ਕਮੇਟੀਆਂ ਦਾ ਗਠਨ ਹੋਵੇਗਾ: -ਸ੍ਰ. ਪ੍ਰੀਤਮ ਸਿੰਘ

Firozpur Punjab

ਫ਼ਿਰੋਜ਼ਪੁਰ (ਪੰਕਜ ਕੁਮਾਰ ) ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਰਾਜ ਵਿਚ ਨਸ਼ਿਆਂ ਦੇ ਜੜ੍ਹ ਤੋਂ ਖ਼ਾਤਮੇ ਅਤੇ ਨਸ਼ਿਆਂ ਦੇ ਸ਼ਿਕਾਰ ਲੋਕਾਂ ਨੂੰ ਮੁੱਖ ਧਾਰਾ ਵਿਚ ਵਾਪਸ ਲਿਆਉਣ, ਉਨ੍ਹਾਂ ਦੀ ਕੌਂਸਲਿੰਗ ਅਤੇ ਇਲਾਜ ਆਦਿ ਲਈ ਪਿੰਡ, ਵਾਰਡ, ਸਬ-ਡਵੀਜ਼ਨ ਅਤੇ ਜ਼ਿਲ੍ਹਾ ਪੱਧਰ ਤੇ ਨਸ਼ਾ ਵਿਰੋਧੀ ਕਮੇਟੀਆਂ (ਡਰੱਗ ਅਬਯੂਸ ਪਰੋਵੈਂਸ਼ਨ ਆਫ਼ੀਸਰ) ਡੈਪੋ ਦਾ ਗਠਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਐੱਸ.ਐੱਸ.ਪੀ. ਫ਼ਿਰੋਜ਼ਪੁਰ ਸ੍ਰ. ਪ੍ਰੀਤਮ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿੱਤੀ। ਐੱਸ.ਐੱਸ. ਪੀ. ਸ੍ਰ. ਪ੍ਰੀਤਮ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 23 ਮਾਰਚ ਦੇ ਸ਼ਹੀਦੀ ਦਿਹਾੜੇ ਨੂੰ ਯੁਵਾ ਸਸ਼ਕਤੀਕਰਨ ਵਜੋਂ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ ਤੇ ਇਸ ਦਿਨ ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ ਤੋਂ ਇੰਨਰੋਲ ਕੀਤੇ ਗਏ ਕਮੇਟੀ ਮੈਂਬਰਾਂ ਨੂੰ ਹੁਸੈਨੀਵਾਲਾ ਵਿਖੇ ਸਹੁੰ ਚੁਕਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਕਮੇਟੀਆਂ ਦਾ ਗਠਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰ-ਅੰਦੇਸ਼ੀ ਸੋਚ ਦਾ ਨਤੀਜਾ ਹੈ। ਜਿਸ ਤਹਿਤ ਪਿੰਡ/ਮੁਹੱਲਾ ਪੱਧਰ ਤੇ ਅਜਿਹੇ ਨੌਜਵਾਨਾਂ ਦੀ ਪਹਿਚਾਣ ਕਰਨਾ ਹੈ ਜੋ ਕਿਸੇ ਨਾ ਕਿਸੇ ਕਾਰਨ ਨਸ਼ਿਆਂ ਦੀ ਗ੍ਰਿਫ਼ਤ ਵਿਚ ਹਨ। ਇਸ ਉਪਰੰਤ ਜ਼ਿਲ੍ਹਾ ਪ੍ਰਸ਼ਾਸਨ ਦੀ ਮਦਦ ਨਾਲ ਇਨ੍ਹਾਂ ਦੀ ਕੌਂਸਲਿੰਗ ਤੋਂ ਇਲਾਵਾ ਇਲਾਜ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਸ੍ਰ. ਪ੍ਰੀਤਮ ਸਿੰਘ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਵਿਚ ਅਮਨ ਕਾਨੂੰਨ ਦੀ ਸਥਿਤੀ ਨੂੰ ਪੂਰੀ ਤਰ੍ਹਾਂ ਕਾਬੂ ਵਿਚ ਰੱਖਿਆ ਜਾਵੇਗਾ ਅਤੇ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਅਮਨ ਕਾਨੂੰਨ ਦੀ ਸਥਿਤੀ ਖ਼ਰਾਬ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ।  ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਪਹਿਲਾ ਹੀ ਨਸ਼ਿਆਂ ਦੀ ਸਪਲਾਈ ਨੂੰ ਖ਼ਤਮ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਸਮੂਹ ਥਾਣਾ ਮੁਖੀਆਂ ਨੂੰ ਆਪਣੇ-ਆਪਣੇ ਇਲਾਕਿਆਂ ਦੀਆਂ ਦਿਨ ਤੇ ਰਾਤ ਵੇਲੇ ਪੈਟਰੋਲਿੰਗ ਤੇਜ਼ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ ਤਾਂ ਜੋ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰੇ। ਇਸ ਮੌਕੇ ਐੱਸ.ਐੱਸ.ਪੀ ਨੇ ਪੱਤਰਕਾਰਾਂ ਤੋਂ ਜ਼ਿਲ੍ਹੇ ਦੇ ਅਮਨ ਕਾਨੂੰਨ ਦੀ ਸਥਿਤੀ ਸਬੰਧੀ ਜਾਣਕਾਰੀ ਵੀ ਹਾਸਲ ਕੀਤੀ ਤੇ ਉਨ੍ਹਾਂ ਨੂੰ ਸਹਿਯੋਗ ਦੀ ਅਪੀਲ ਵੀ ਕੀਤੀ। ਇਸ ਮੌਕੇ ਐੱਸ.ਪੀ.ਐੱਚ ਸ੍ਰ. ਅਮਰਜੀਤ ਸਿੰਘ ਸੰਧੂ, ਐੱਸ.ਪੀ ਸ੍ਰ. ਅਜਮੇਰ ਸਿੰਘ ਬਾਠ ਆਦਿ ਵੀ ਹਾਜ਼ਰ ਸਨ।

Leave a Reply